(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਗਰੂਪ ਸਿੰਘ ਸੰਧੂ ਵਾਸੀ ਮਰਗਿੰਦਪੁਰਾ ਦੀ ਸ਼ਿਕਾਇਤ ’ਤੇ ਤਰਨਤਾਰਨ ਜ਼ਿਲ੍ਹੇ ਦੇ ਤਹਿਸੀਲ ਦਫ਼ਤਰ ਪੱਟੀ ਵਿਖੇ ਤਾਇਨਾਤ ਦਰਜਾ ਚਾਰ ਮੁਲਾਜ਼ਮ ਸੁਖਦੇਵ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।
ਅੱਜ ਇੱਥੇ ਵੇਰਵੇ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸਦੇ ਦਾਦਾ ਜੀ ਦੀ 12-08-2021 ਨੂੰ ਮੌਤ ਹੋ ਗਈ ਸੀ ਅਤੇ ਉਸਨੇ ਤਹਿਸੀਲਦਾਰ ਪੱਟੀ ਵਿਖੇ ਦਸੰਬਰ 2022 ਵਿੱਚ ਨੰਬਰਦਾਰ ਦੇ ਅਹੁਦੇ ਲਈ ਦਫਤਰ ਵਿਖੇ ਅਰਜ਼ੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਮੁਲਾਜ਼ਮ ਨੇ ਅਗਲੇਰੀ ਕਾਰਵਾਈ ਲਈ ਫਾਈਲ ਐਸ.ਡੀ.ਐਮ ਪੱਟੀ ਨੂੰ ਭੇਜ ਦਿੱਤੀ। ਉਸ (ਮੁਲਾਜ਼ਮ) ਨੇ ਐਸ.ਡੀ.ਐਮ. ਦਫ਼ਤਰ ਤੋਂ ਉਸਦੀ ਫਾਈਲ ਕਲੀਅਰ ਕਰਵਾਉਣ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਯੂਨਿਟ ਤਰਨਤਾਰਨ ਦੀ ਟੀਮ ਨੇ ਜਾਲ ਵਿਛਾ ਕੇ ਸਰਕਾਰੀ ਗਵਾਹ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋਸ਼ੀ ਕਰਮਚਾਰੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਪੁਲਿਸ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਦੋਸ਼ੀ ਦਰਜਾ ਚਾਰ ਕਰਮਚਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।